ਨਵੀਂ ਦਿੱਲੀ, 11 ਮਈ – ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵਿਚ ਦਾਖਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਵਿਚ ਤੇਜ਼ੀ ਨਾਲ ਸੁਧਾਰ ਆ ਰਿਹਾ ਹੈ । ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਮਨਮੋਹਨ ਸਿੰਘ ਹੁਣ ਆਈਸੀਯੂ ਤੋਂ ਬਾਹਰ ਆ ਗਏ ਹਨ ਅਤੇ ਉਨ੍ਹਾਂ ਦੀ ਸਥਿਤੀ ਸਥਿਰ ਹੈ।
ਡਾਕਟਰਾਂ ਦੀ ਇਕ ਟੀਮ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੀਨੇ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਐਤਵਾਰ ਸ਼ਾਮ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਸਾਬਕਾ ਪ੍ਰਧਾਨ ਮੰਤਰੀ ਦੀ ਜਲਦੀ ਸਿਹਤਯਾਬੀ ਲਈ ਦੇਸ਼ ਵਿਚ ਹੀ ਨਹੀਂ, ਵਿਦੇਸ਼ਾਂ ਵਿਚ ਵੀ ਲੋਕ ਅਰਦਾਸ ਕਰ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਤ 8:45 ਵਜੇ ਏਮਜ਼ ਲਿਆਂਦਾ ਗਿਆ, ਜਿਥੇ ਡਾਕਟਰ ਉਨ੍ਹਾਂ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਦੇ ਦਫਤਰ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ।ਜਿਸ ਵਿਚ ਕਿਹਾ ਗਿਆ ਹੈ ਕਿ ਉਹ ਹੁਣ ਠੀਕ ਹਨ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਨੂੰ ਦਿੱਤੀ ਗਈ ਦਵਾਈ ਦੇ ਮਾੜੇ ਪ੍ਰਭਾਵਾਂ ਕਾਰਨ ਉਨ੍ਹਾਂ ਨੂੰ ਬੁਖਾਰ ਹੋਇਆ ਸੀ ਅਤੇ ਫਿਰ ਛਾਤੀ ਵਿੱਚ ਦਰਦ ਹੋ ਗਿਆ, ਜਿਸਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ।