ਫਾਜ਼ਿਲਕਾ, 9 ਜੁਲਾਈ(ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ‘ਮਿਸ਼ਨ ਫਤਿਹ’ ਕੋਰੋਨਾ ਨੂੰ ਠੱਲ ਪਾਉਣ ਵਿੱਚ ਸਫ਼ਲ ਸਾਬਤ ਹੋ ਰਿਹਾ ਹੈ। ਸ੍ਰ .ਸੰਧੂ ਨੇ ਦੱਸਿਆ ਕਿ ਅੱਜ 2 ਜਣਿਆ ਨੇ ਕੋਰੋਨਾ ਨੂੰ ਮਾਤ ਦੇ ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ। ਉਨਾਂ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਵਾਲਿਆਂ ’ਚ 52 ਸਾਲਾਂ ਅਤੇ 32 ਸਾਲਾਂ ਵਿਅਕਤੀ ਹਨ। ਉਨਾਂ ਦੱਸਿਆ ਕਿ ਹੁਣ ਤੱਕ 10502 ਸੈਂਪਲ ਲਏ ਜਾ ਚੁੱਕੇ ਹਨ ਜਿਸ ਵਿੱਚੋਂ 10144 ਸੈਂਪਲ ਨੈਗੇਟਿਵ ਪਾਏ ਗਏ ਹਨ। ਇਸ ਤੋਂ ਇਲਾਵਾ 94 ਮਰੀਜ਼ ਕੋਰੋਨਾ ’ਤੇ ਫਤਿਹ ਪਾ ਚੁੱਕੇ ਹਨ ਅਤੇ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਕੋਰੋਨਾ ਤੋਂ ਸੁਰੱਖਿਅਤ ਰਹਿਣ ਦਾ ਇਕੋ-ਇਕ ਤਰੀਕਾ ਜਾਗਰੂਕਤਾ ਅਤੇ ਸਾਵਧਾਨੀਆਂ ਅਪਨਾਉਣਾ ਹੈ। ਉਨਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਘਰ-ਘਰ ਜਾਗਰੂਕਤਾ ਪੈਦਾ ਕਰਨ ਲਈ ਹੀ ‘ਮਿਸ਼ਨ ਫਤਿਹ’ ਦੀ ਸ਼ੁਰੂਆਤ ਕੀਤੀ ਗਈ ਹੈ।
ਉਨਾਂ ਕਿਹਾ ਕਿ ਘਰੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ ਅਤੇ ਬਿਨਾਂ ਮਾਸਕ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਰਕਰਾਰ ਰੱਖਦਿਆਂ ਸੈਨੇਟਾਈਜ਼ਰ ਦੀ ਵਰਤੋਂ ਤੋਂ ਇਲਾਵਾ ਸਮੇਂ-ਸਮੇਂ ’ਤੇ 20 ਸੈਕਿੰਡ ਤੱਕ ਹੱਥ ਧੋਣੇ ਬਹੁਤ ਜ਼ਰੂਰੀ ਹਨ। ਉਨਾਂ ਕਿਹਾ ਕਿ ਕੋਵਿਡ-19 ’ਤੇ ਜਿੱਤ ਪ੍ਰਾਪਤ ਕਰਨ ਲਈ ਲੋਕ ਲਹਿਰ ਦੀ ਲੋੜ ਹੈ ਅਤੇ ‘ਮਿਸ਼ਨ ਫਤਿਹ’ ਇਹ ਲੋਕ ਲਹਿਰ ਪੈਦਾ ਕਰਨ ਵਿੱਚ ਸਹਾਈ ਸਾਬਤ ਹੋ ਰਿਹਾ ਹੈ। ਇਸ ਤੋਂ ਇਲਾਵਾ 178 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ । ਉਨਾਂ ਦੱਸਿਆ ਕਿ ਮੌਜੂਦਾ ਸਮੇਂ 10 ਕੋਰੋਨਾ ਐਕਟਿਵ ਕੇਸ ਹਨ।