ਫਾਜਿਲਕਾ, 16 ਜੁਲਾਈ(ਸੁਰਿੰਦਰਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ ਨਿਵਾਸੀਆਂ ਨੂੰ ਚੜਦੀ ਕਲਾ ਅਤੇ ਚੰਗੀ ਸਿਹਤ ਨੂੰ ਲੈ ਕੇ ਕੋਰੋਨਾ ਵਾਇਰਸ ਮਹਾਂਮਾਰੀ ਦਾ ਡੱਟ ਕੇ ਮੁਕਾਬਲਾ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਮਿਸ਼ਨ ਫਤਿਹ ਤਹਿਤ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਨ-ਜਨ ਤੱਕ ਜਾਣਕਾਰੀ ਪਹੁੰਚਾਉਣ ਲਈ ਸਿੱਖਿਆ ਵਿਭਾਗ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਅਧਿਆਪਕਾਂ ਵੱਲੋਂ ਘਰ-ਘਰ ਪਹੁੰਚ ਕਰਕੇ ਲੋਕਾਂ ਨੂੰ ਕਰੋਨਾਂ ਵਾਇਰਸ ਦੀਆਂ ਸਾਵਧਾਨੀਆਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਤਿਰਲੋਚਨ ਸਿੰਘ ਸਿੱਧੂ ਨੇ ਦਿੱਤੀ।
ਜ਼ਿਲਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਅਧਿਆਪਕ ਜਿਥੇ ਸਿੱਖਿਆ ਵਿਭਾਗ ਦੇ ਆਪਣੇ ਰੋਜਾਨਾ ਦੀ ਪੜਾਈ ਅਤੇ ਹੋਰ ਸਹਿ ਵਿਦਿਅਕ ਗਤੀਵਿਧੀਆਂ ਲਈ ਉਪਰਾਲੇ ਕਰ ਰਹੇ ਹਨ ਉਥੇ ਹੀ ਮਿਸ਼ਨ ਫਤਿਹ ਨੂੰ ਕਾਮਯਾਬ ਬਣਾਉਣ ਲਈ ਜ਼ਿਲੇ ਦੇ ਹਰ ਬਸ਼ਿੰਦੇ ਨਾਲ ਸੰਪਰਕ ਕਰਕੇ ਕੋਵਿਡ 19 ਮਹਾਂਮਾਰੀ ਨੂੰ ਹਰਾਉਣ ਲਈ ਹਦਾਇਤਾਂ ਅਤੇ ਸਾਵਧਾਨੀਆਂ ਵਰਤ ਕੇ ਕਿਵੇਂ ਬਚਿਆ ਜਾ ਸਕਦਾ ਹੈ ਬਾਰੇ ਸੁਚੇਤ ਕਰ ਰਹੇ ਹਨ। ਉਨਾਂ ਕਿਹਾ ਕਿ ਕਰੋਨਾ ਦੇ ਪ੍ਰਸਾਰ ਨੂੰ ਫੈਲਣ ਤੋਂ ਰੋਕਣ ਲਈ ਸਭ ਨੂੰ ਇਕਜੁਟ ਹੋਣ ਦੀ ਲੋੜ ਹੈ ਤਾਂ ਹੀ ਕਰੋਨਾ ਨੂੰ ਹਰਾਇਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਲਿਖਤੀ ਸਮੱਗਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਜ਼ਿਲਾ ਸਿੱਖਿਆ ਅਫ਼ਸਰ (ਐਲੀਮੈਟਰੀ) ਡਾ. ਸੁਖਬੀਰ ਸਿੰਘ ਬੱਲ ਨੇ ਦੱਸਿਆ ਕਿ ਕਰੋਨਾ ਖਿਲਾਫ ਛਿੜੀ ਜੰਗ ਵਿੱਚ ਬੱਚਿਆਂ ਤੇ ਉਨਾਂ ਦੇ ਮਾਪਿਆਂ ਨਾਲ ਨਿਜੀ ਤੌਰ ’ਤੇ ਗੱਲਬਾਤ ਕਰਕੇ ਕੋਵਿਡ ਦੇ ਲੱਛਣਾਂ ਅਤੇ ਬਚਾਅ ਢੰਗਾ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਦੱਸਆ ਕਿ ਮਿਸ਼ਨ ਫਤਿਹ ਮੁਹਿੰਮ ਦਾ ਮੰਤਵ ਕਰੋਨਾ ਨੂੰ ਹਰਾ ਕੇ ਇਸ ਮਹਾਂਮਾਰੀ ’ਤੇ ਫਤਿਹ ਹਾਸਲ ਕਰਨੀ ਹੈ। ਉਨਾਂ ਕਿਹਾ ਕਿ ਕਰੋਨਾ ਨੂੰ ਸਿਰਫ ਸਾਵਧਾਨੀਆਂ ਰੱਖ ਕੇ ਹੀ ਹਰਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਲਈ ਸਭ ਨੂੰ ਵਾਰ ਵਾਰ ਹੱਥ ਧੋਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਬਾਹਰ ਜਾਣ ਸਮੇਂ ਮਾਸਕ ਲਾਜਮੀ ਪਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਮੁਹਿੰਮ ਪੰਜਾਬ ਦੇ ਲੋਕਾਂ ਲਈ ਅਤੇ ਲੋਕਾਂ ਵੱਲੋਂ ਸਮਰਪਿਤ ਕੀਤੀ ਗਈ ਹੈ।