ਬਠਿੰਡਾ, 17 ਅਗਸਤ – ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ ਕੋਵਿਡ-19 ਤਹਿਤ 28092 ਸੈਂਪਲ ਲਏ ਗਏ, ਜਿਨਾਂ ਵਿਚੋਂ ਕੁੱਲ 1424 ਪਾਜੀਟਿਵ ਕੇਸ ਆਏ, ਇਨਾਂ ਵਿਚੋਂ 692 ਕਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਉਨਾਂ ਇਹ ਵੀ ਦੱਸਿਆ ਕਿ ਇਸ ਸਮੇਂ ਜ਼ਿਲੇ ‘ਚ ਕੁੱਲ 552 ਕੇਸ ਐਕਟਿਵ ਹਨ ਅਤੇ 160 ਕੇਸ ਹੋਰ ਜ਼ਿਲਿਆ ਵਿੱਚ ਸ਼ਿਫਟ ਹੋ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਇਹ ਵੀ ਦੱਸਿਆ ਕਿ ਹੁਣ ਤੱਕ ਕਰੋਨਾ ਪ੍ਰਭਾਵਿਤ 20 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਦੌਰਾਨ 153 ਪਾਜੀਟਿਵ, 350 ਨੈਗੇਟਿਵ ਰਿਪੋਰਟਾਂ ਤੇ 86 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਆਪੋ-ਆਪਣੇ ਘਰ ਚਲੇ ਗਏ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਈ ਗਈ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਮਾਸਕ ਪਹਿਨਣਾ ਯਕੀਨੀ ਬਣਾਵੇ। ਇਸ ਤੋਂ ਇਲਾਵਾ ਆਪਸ ਵਿੱਚ ਦੂਰੀ ਬਣਾ ਕੇ ਰੱਖੀ ਜਾਵੇ। ਹੱਥਾਂ ਨੂੰ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ। ਉਨਾਂ ਬਜ਼ੁਰਗਾਂ ਅਤੇ ਬੱਚਿਆਂ ਨੂੰ ਖਾਸ਼ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ।