ਬਠਿੰਡਾ, 28 ਅਕਤੂਬਰ – ਪੰਜਾਬ ਅ੍ਰੈਗੀ ਐਕਸਪੋਰਟ ਕਾਰਪੋਰੇਸ਼ਨ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕਰਨ ਵਾਸਤੇ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲੇ ਦੇ ਪਿੰਡ ਕਲਿਆਣ ਸੁੱਖਾ ਵਿਖੇ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਮੌਜੂਦ ਕਿਸਾਨਾਂ ਨੂੰ ਵੱਖ-ਵੱਖ ਖੇਤੀ ਮਾਹਿਰਾਂ ਵੱਲੋਂ ਪਰਾਲੀ ਦੀ ਸੰਭਾਲ ਕਰਨ ਲਈ ਸੁਝਾਅ ਤੇ ਲੋੜੀਦੀ ਜਾਣਕਾਰੀ ਦਿੱਤੀ ਗਈ। ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਨੋਡਲ ਏਜੰਸੀ ਤਹਿਤ ਜ਼ਿਲੇ ਅੰਦਰ ਕਿਸਾਨਾਂ ਨੂੰ ਜਾਗਰੂਕ ਕਰ ਰਹੀ ਪੰਜਾਬ ਐਗਰੀ ਐਕਸਪੋਰਟ ਦੇ ਜਨਰਲ ਮੈਨੇਜਰ ਸ: ਰਣਬੀਰ ਸਿੰਘ ਵੱਲੋਂ ਜਿੱਥੇ ਕੈਂਪ ਦੌਰਾਨ ਕਿਸਾਨਾਂ ਨੂੰ ਬਿਨਾ ਪਰਾਲੀ ਸਾੜੇ ਕਣਕ ਦੀ ਸਿੱਧੀ ਵਿਧੀ ਨਾਲ ਬੀਜਣ ਬਾਰੇ ਪ੍ਰੇਰਿਤ ਕੀਤਾ ਉੱਥੇ ਹੀ ਉਨਾ ਨੂੰ ਜੈਵਿਕ ਖੇਤੀ ਕਰਨ ਲਈ ਵੀ ਉਤਸ਼ਾਹਿਤ ਕੀਤਾ ਗਿਆ।
ਕੈਂਪ ਦੌਰਾਨ ਪੰਜਾਬ ਐਗਰੀ ਐਕਸਪੋਰਟ ਦੇ ਸਹਾਇਕ ਮੈਨੇਜਰ ਸ੍ਰੀ ਗੁਰਪ੍ਰੀਤ ਸਿੰਘ ਅਤੇ ਹੋਰ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਨੂੰ ਜ਼ਮੀਨ ਵਿੱਚ ਵਾਹੁਣ ਜਾਂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ। ਮਾਹਿਰਾਂ ਨੇ ਇਹ ਵੀ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਉੱਥੇ ਕਿਸਾਨਾਂ ਦੇ ਖਰਚੇ ਵੀ ਘੱਟਦੇ ਹਨ।