ਚੰਡੀਗੜ੍ਹ, 10 ਨਵੰਬਰ (ਹਰਜੀਤ ਮਠਾੜੂ) – ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾਈ ਆਗੂਆਂ ਦਾ ਵਫ਼ਦ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ-ਕਮ-ਸਕੱਤਰ ਐਮਪੀ ਸਿੰਘ ਨੂੰ ਮਿਲਿਆ। ਮੀਟਿੰਗ ਦੌਰਾਨ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ, ਰਣਬੀਰ ਸਿੰਘ ਨਦਾਮਪੁਰ, ਅਮਨਦੀਪ ਸਿੰਘ ਸੇਖ਼ਾ ਅਤੇ ਜਗਜੀਤ ਸਿੰਘ ਜੋਧਪੁਰ ਨੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦੀਆਂ ਸਮੁੱਚੀਆਂ ਮੰਗਾਂ ਬਾਰੇ ਵਿਸਥਾਰ ਨਾਲ ਗੱਲ ਕੀਤੀ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਿੱਖਿਆ ਵਿਭਾਗ ਵੱਲੋਂ ਕੱਢੀਆਂ ਮਾਸਟਰ-ਕਾਡਰ ਦੀਆਂ ਅਸਾਮੀਆਂ ‘ਚ ਸਮਾਜਿਕ ਸਿੱਖਿਆ, ਪੰਜਾਬੀ ਅਤੇ ਹਿੰਦੀ ਦੀਆਂ ਨਿਗੂਣੀਆਂ ਅਸਾਮੀਆਂ ਹੀ ਕੱਢੀਆਂ ਗਈਆਂ ਹਨ, ਜਦੋਂਕਿ ਇਹਨਾਂ ਵਿਸ਼ਿਆਂ ਦੇ ਕਰੀਬ 35 ਹਜ਼ਾਰ ਉਮਰ ਅਧਿਆਪਕ ਯੋਗਤਾ ਪ੍ਰੀਖਿਆ(ਟੈੱਟ) ਪਾਸ ਹਨ, ਇਸਤੋਂ ਇਲਾਵਾ ਸੰਸਕ੍ਰਿਤ ਅਤੇ ਡਰਾਇੰਗ ਵਰਗੇ ਵਿਸ਼ਿਆਂ ਦੀਆਂ ਅਸਾਮੀਆਂ ਕੱਢੀਆਂ ਹੀ ਨਹੀਂ ਗਈਆਂ। ਭਰਤੀ ਉਡੀਕਦੇ 5 ਹਜ਼ਾਰ ਦੇ ਕਰੀਬ ਉਮੀਦਵਾਰ ਓਵਰ-ਏਜ਼ ਹੋ ਗਏ ਹਨ। ਇਸ ਕਰਕੇ ਭਰਤੀ ਲਈ ਨਿਰਧਾਰਤ ਉਮਰ-ਹੱਦ 37 ਤੋਂ ਵਧਾ ਕੇ 42 ਸਾਲ ਕੀਤੀ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਬਾਰਡਰ-ਏਰੀਆ ਦੀ ਸ਼ਰਤ ਖ਼ਤਮ ਕੀਤੀ ਜਾਵੇ, ਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਰੱਦ ਕੀਤਾ ਜਾਵੇ, ਰਹਿੰਦੀਆਂ ਕੈਟਾਗਰੀਆਂ ਦਾ ਬੈਕਲਾਗ- ਜਾਰੀ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਮੁਤਾਬਿਕ ਇਸ ਵਰ੍ਹੇ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਕਰੀਬ 3 ਲੱਖ ਨਵੇਂ ਦਾਖ਼ਲੇ ਹੋਏ ਹਨ, ਇਸ ਕਰਕੇ ਵਿਦਿਆਰਥੀਆਂ ਦੀ ਵਧੀ ਗਿਣਤੀ ਨੂੰ ਧਿਆਨ ‘ਚ ਰੱਖਦਿਆਂ ਅਸਾਮੀਆਂ ਵਧਾਈਆਂ ਜਾਣ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਹਫ਼ਤੇ ਅੰਦਰ ਮੰਗਾਂ ਦਾ ਹੱਲ ਨਾ ਹੋਣ ‘ਤੇ ਮੁੜ ਸੰਘਰਸ਼ ਉਲੀਕਿਆ ਜਾਵੇਗਾ।