ਫਾਜ਼ਿਲਕਾ, 19 ਨਵੰਬਰ (ਸੁਰਿੰਦਰਜੀਤ ਸਿੰਘ)- ਫਾਜ਼ਿਲਕਾ ਜ਼ਿਲੇ ਵਿਚ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਲਗਭਗ ਖਤਮ ਹੋ ਗਿਆ ਹੈ ਅਤੇ ਬਹੁਤ ਥੋੜੀ ਮਾਤਰਾ ਵਿਚ ਹੁਣ ਝੋਨਾ ਮੰਡੀ ਵਿਚ ਆ ਰਿਹਾ ਹੈ। ਇਸ ਸਮੇਂ ਤੱਕ ਜ਼ਿਲੇ ਵਿਚ 2,78,792 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋਈ ਹੈ ਜਿਸ ਵਿਚੋਂ 273981 ਟਨ ਝੋਨਾ ਸਰਕਾਰੀ ਏਂਜਸੀਆਂ ਨੇ ਖਰੀਦ ਕੀਤਾ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ ਮਾਰਕਫੈਡ ਨੇ ਸਭ ਤੋਂ ਜਿਆਦਾ ਝੋਨੇ ਦੀ ਖਰੀਦ ਕੀਤੀ ਹੈ।
ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਵਿਚ ਪਨਗ੍ਰੇਨ ਨੇ 84014 ਮੀਟਿ੍ਰਕ ਟਨ, ਮਾਰਕਫੈਡ ਨੇ 96130 ਮੀਟਿ੍ਰਕ ਟਨ, ਪਨਸਪ ਨੇ 55672 ਮੀਟਿ੍ਰਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਨੇ 37691 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਭਾਰਤੀ ਖੁਰਾਕ ਨਿਗਮ ਨੇ 474 ਟਨ ਝੋਨਾ ਖਰੀਦਿਆਂ ਹੈ ਜਦ ਕਿ ਪ੍ਰਾਈਵੇਟ ਵਪਾਰੀਆ ਨੇ 4811 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨਾਂ ਨੇ ਕਿਹਾ ਕਿ ਕਰੋਨਾ ਕਾਰਨ ਇਸ ਵਾਰ ਮੰਡੀਆਂ ਦੀ ਗਿਣਤੀ ਵੀ ਵਧਾਈ ਗਈ ਸੀ। ਉਨਾਂ ਨੇ ਦੱਸਿਆ ਕਿ ਹੁਣ ਤੱਕ 277181 ਮੀਟਿ੍ਰਕ ਟਨ ਝੋਨੇ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਇਸ ਤੋਂ ਬਿਨਾਂ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਾਲੋ ਨਾਲ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 515 ਕਰੋੜ ਵਿਚੋਂ 505 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਖ਼ਤ ਨਿਰਦੇਸ਼ ਦਿੱਤੇ ਗਏ ਸਨ ਕਿ ਕਿਸਾਨਾਂ ਨੂੰ ਝੋਨੇ ਦੇ ਮੰਡੀਕਰਨ ਵਿਚ ਕੋਈ ਦਿੱਕਤ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਹੁਣ ਤੱਕ 1.90 ਲੱਖ ਟਨ ਬਾਸਮਤੀ ਦੀ ਆਮਦ ਵੀ ਹੋਈ ਹੈ।