Menu

ਸੂਬਾ ਸਰਕਾਰ ਵੱਲੋਂ ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਯਤਨਸ਼ੀਲ : ਇੰਦਰਜੀਤ ਸਿੰਘ

 ਬਠਿੰਡਾ, 4 ਦਸੰਬਰ – ਸੂਬਾ ਸਰਕਾਰ ਵੱਖ-ਵੱਖ ਮਿਊਂਸਪਲ ਕਾਰਪੋਰੇਸ਼ਨਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਤੇ ਹੋਰ ਵਿਭਾਗਾਂ ਵਿੱਚ ਕੱਚੇ ਤੌਰ ‘ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਯਤਨਸ਼ੀਲ ਹੈ। ਇਸ ਕੰਮ ਨੂੰ ਜਲਦ ਨੇਪਰੇ ਚੜਾਉਣ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ, ਚੰਡੀਗੜ ਦੇ ਮੈਂਬਰ ਇੰਦਰਜੀਤ ਸਿੰਘ ਨੇ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀਆਂ ਸਮੱਸਿਆਵਾਂ ਸੁਣਨ ਸਬੰਧੀ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਦੌਰਾਨ ਉਨਾਂ ਵੱਲੋਂ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀਆਂ ਤਨਖਾਹਾਂ,  ਈ.ਪੀ.ਐਫ ਫੰਡ  ਤੋਂ ਇਲਾਵਾ ਹੋਰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਯੋਗ ਸਮੱਸਿਆਵਾਂ ਦਾ ਅਧਿਕਾਰੀਆਂ ਨੂੰ ਹੱਲ ਕਰਨ ਦੇ ਆਦੇਸ਼ ਵੀ ਦਿੱਤੇ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਨੇ ਕਰੋਨਾ ਮਹਾਂਮਾਰੀ ਦੌਰਾਨ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਵੱਲੋਂ ਇਮਾਨਦਾਰੀ ਨਾਲ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਉਨਾਂ ਨੂੰ ਕਰੋਨਾ ਮਹਾਂਮਾਰੀ ਖਿਲਾਫ ਲੜਨ ਵਾਲੇ ਕਰੋਨਾ ਯੋਧੇ ਗਰਦਾਨਿਆਂ।  ਇੱਕ ਸਵਾਲ ਦੇ ਜਵਾਬ ਵਿੱਚ ਉਨਾਂ ਦੱਸਿਆ ਕਿ ਜ਼ਿਲੇ ਅੰਦਰ ਕੋਈ ਵੀ ਅਜਿਹਾ ਵਿਅਕਤੀ ਨਹੀਂ ਹੈ, ਜਿਸਨੂੰ ਤਰਸ ਦੇ ਆਧਾਰ ‘ਤੇ ਨੌਕਰੀ ਨਾ ਮਿਲੀ ਹੋਵੇ। ਉਨਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਬਿਨਾਂ ਸੇਫਟੀ ਕਿੱਟਾਂ ਦੇ ਸਫਾਈ ਕਰਮਚਾਰੀਆਂ ਤੋਂ ਕੰਮ ਕਰਵਾਉਣ ਵਾਲੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਜੋ ਵੀ ਦਸਵੀਂ ਤੋਂ ਉਚੇਰੀ ਪੜਾਈ ਵਾਲਾ ਵਿਅਕਤੀ ਸਫਾਈ ਕਰਮਚਾਰੀ ਜਾਂ ਸੀਵਰਮੈਨ ਵਜੋਂ ਕੰਮ ਕਰ ਰਿਹਾ ਹੈ, ਉਸਨੂੰ ਸੈਨਟਰੀ ਇਨਸਪੈਕਟਰ ਦਾ ਕੋਰਸ ਕਰਨ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਉਹ ਵੀ ਆਪਣੇ ਪਰਿਵਾਰ ਦਾ ਬਿਹਤਰ ਤਰੀਕੇ ਨਾਲ ਪਾਲਣ ਪੋਸ਼ਣ ਕਰ ਸਕੇ। ਉਨਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਮਿਊਂਸਪਲ ਕਾਰਪੋਰੇਸ਼ਨ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਵਿੱਚ ਸਫਾਈ ਕਰਮਚਾਰੀਆਂ ਤੋਂ ਆਪਣੀ ਡਿਊਟੀ ਦੌਰਾਨ ਬਿਨਾਂ ਸੇਫਟੀ ਕਿੱਟਾਂ ਦੇ ਕੰਮ ਨਾ ਕਰਵਾਇਆ ਜਾਵੇ।
ਇਸ ਦੌਰਾਨ ਉਨਾਂ ਸਿਵਲ ਸਰਜਨ ਬਠਿੰਡਾ ਨੂੰ ਕਿਹਾ ਕਿ ਜਿੰਨਾਂ ਦੋ ਸਫਾਈ ਕਰਮਚਾਰੀ ਮਹਿਲਾਵਾਂ ਨੂੰ ਕਰੋਨਾ ਕਾਰਨ ਕੰਮ ਤੋਂ ਫਾਰਗ ਕਰ ਦਿੱਤਾ ਗਿਆ ਸੀ ਤੁਰੰਤ ਕੰਮ ‘ਤੇ ਦੁਬਾਰਾ ਰੱਖਿਆ ਜਾਵੇ। ਉਨਾਂ ਜ਼ਿਲਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਵੀ ਕੰਮ ਕਰ ਰਹੇ ਕੱਚੇ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਬਣਦਾ ਮੇਹਨਤਾਨਾ ਦਵਾਉਣਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਐਸ.ਸੀ. ਕਾਰਪੋਰੇਸ਼ਨ ਅਤੇ ਲੀਡ ਬੈਂਕ ਨਾਲ ਸਬੰਧਿਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪਿੰਡਾਂ ਦੇ ਸਰਪੰਚਾਂ ਨੂੰ ਵੀ ਨਾਲ ਲੈ ਕੇ ਬਲਾਕ ਵਾਈਜ ਪਿੰਡਾਂ ਵਿੱਚ ਇਸ ਵਰਗ ਨਾਲ ਸਬੰਧਿਤ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਉਨਾਂ ਨੂੰ ਕਰਜੇ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਕੈਂਪ ਲਗਾਏ ਜਾਣ। ਇਸ ਮੌਕੇ ਉਨਾਂ ਜ਼ਿਲਾ ਭਲਾਈ ਅਫ਼ਸਰ ਨੂੰ ਖਾਸ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਵੇ ਕਿ ਕਿਸੇ ਵੀ ਅਨੁਸੂਚਿਤ ਵਰਗ ਨਾਲ ਸਬੰਧਿਤ ਵਿਦਿਆਰਥੀ ਦੇ ਪੜਾਈ ਦੌਰਾਨ ਕਿਸੇ ਵੀ ਵਿੱਦਿਅਕ ਸੰਸਥਾਵਾਂ ਵੱਲੋਂ ਅਸਲ ਸਰਟੀਫਿਕੇਟ ਨਾ ਰੱਖੇ ਜਾਣ।
ਇਸ ਦੌਰਾਨ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਵੱਲੋਂ ਆਪਣੀਆਂ ਸਮੱਸਿਆਵਾਂ ਨੂੰ ਸਾਂਝੀਆਂ ਕਰਦਿਆਂ ਮੰਗ ਕੀਤੀ ਕਿ ਜਿਸ ਤਰਾਂ ਆਬਾਦੀ ਅਤੇ ਸੀਵਰਾਂ ਵਿੱਚ ਵਾਧਾ ਹੋਇਆ ਹੈ, ਉਸੇ  ਆਧਾਰ ‘ਤੇ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀ ਵੀ ਹੋਰ ਭਰਤੀ ਕੀਤੀ ਜਾਵ ਤਾਂ ਜੋ ਉਨਾਂ ‘ਤੇ ਕੰਮ-ਕਾਜ ਦਾ ਵਾਧੂ ਪਿਆ ਬੋਝ ਘਟ ਸਕੇ।
ਇਸ ਮੌਕੇ ਐਸ.ਪੀ. ਸ਼੍ਰੀ ਸੁਰਿੰਦਰਪਾਲ ਸਿੰਘ, ਜ਼ਿਲਾ ਭਲਾਈ ਅਫ਼ਸਰ ਸ੍ਰੀ ਸਰਦੂਲ ਸਿੰਘ, ਐਸ.ਡੀ.ਐਮ ਰਾਮਪੁਰਾ ਫੂਲ ਸ਼੍ਰੀ ਨਵਦੀਪ ਕੁਮਾਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ੍ਰੀ ਗੁਰਬੀਰ ਸਿੰਘ ਕੋਹਲੀ, ਜੁਆਇੰਟ ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਸ਼ਕਤੀ ਕੁਮਾਰ ਕੌਸ਼ਲ, ਜ਼ਿਲੇ ਨਾਲ ਸਬੰਧਿਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮਿਊਂਸਪਲ ਕਾਰਪੋਰੇਸ਼ਨ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਕੰਮ ਕਰ ਰਹੇ ਸਫਾਈ ਕਰਮਚਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Listen Live

Subscription Radio Punjab Today

Our Facebook

Social Counter

  • 18051 posts
  • 0 comments
  • 0 fans

Log In