ਬਠਿੰਡਾ, 17 ਮਾਰਚ- ਵਧੀਕ ਜ਼ਿਲਾ ਮੈਜਿਸਟ੍ਰੇਟ ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਠਿੰਡਾ ਵਿੱਚ ਨਿਰਧਾਰਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜੇ ਹੋਣਾ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣਾ ਅਤੇ ਕਾਨੂੰਨ ਅਤੇ ਵਿਵਸਥਾ ਵਿੱਚ ਨੁਕਸੇ ਅਮਨ ਪੈਦਾ ਕਰਨ ’ਤੇ ਪਾਬੰਦੀ ਲਗਾਈ ਹੈ।
ਉਨਾਂ ਕਿਹਾ ਕਿ ਅੱਠਵੀਂ ਦੀਆਂ ਸਲਾਨਾ ਪ੍ਰੀਖਿਆਵਾਂ 22 ਮਾਰਚ ਤੋਂ 07 ਅਪ੍ਰੈਲ 2021 ਤੱਕ ਸਵੇਰੇ 9 ਵਜੇ ਤੋਂ ਦੁਪਹਿਰ 12.15 ਵਜੇ ਤੱਕ ਬੋਰਡ ਦਫ਼ਤਰ ਵੱਲੋਂ ਸਥਾਪਿਤ ਕੀਤੇ ਗਏ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਵਿੱਚ ਅਣਉਚਿੱਤ ਸਾਧਨਾਂ ਦਾ ਪ੍ਰਯੋਗ ਹੋਣ, ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਸ਼ਰਾਰਤੀ ਅਨਸਰਾਂ ਦੇ ਇੱਕਠੇ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਨਾਲ ਉਨਾਂ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।
ਇਹ ਹੁਕਮ 7 ਅਪ੍ਰੈਲ 2021 ਤੱਕ ਲਾਗੂ ਰਹੇਗਾ।