ਪਿਛਲੇ ਦਿਨੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਭਾਜਪਾ ਨੇਤਾ ਦੇ ਨਾਲ ਮੁਲਾਕਾਤ ਕੀਤੀ ਜਾਣੀ ਸੀ ਜਿਸਦਾ ਪਿੰਡ ਦਾਦੂਵਾਲ ਦੇ ਲੋਕਾਂ ਨੇ ਸਖਤ ਵਿਰੋਧ ਕੀਤਾ ਅਤੇ ਉਨ੍ਹਾਂ ਵੱਲੋਂ ਬਲਜੀਤ ਸਿੰਘ ਦਾਦੂਵਾਲ ਦੇ ਬਾਈਕਾਟ ਦਾ ਮਤਾ ਪਾਸ ਕੀਤਾ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਬਲਜੀਤ ਸਿੰਘ ਦਾਦੂਵਾਲ ਨੇ ਪਿੰਡ ਵਿਚ ਭਾਜਪਾ ਆਗੂਆਂ ਨੂੰ ਬੁਲਾ ਕੇ ਪਿੰਡ ਦਾ ਮਾਹੌਲ ਖਰਾਬ ਕਰ ਰਹੇ ਹਨ, ਜੇਕਰ ਇੱਥੇ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਬਲਜੀਤ ਸਿੰਘ ਦਾਦੂਵਾਲ ਦੀ ਹੋਵੇਗੀ। ਜਿਸ ਕਾਰਨ ਉਹਨਾਂ ਬਲਜੀਤ ਸਿੰਘ ਦਾਦੂਵਾਲ ਖਿਲਾਫ ਲਿਖਤੀ ਰੂਪ ਵਿੱਚ ਮਤਾ ਪਾ ਕੇ ਬਾਈਕਾਟ ਕੀਤਾ ਹੈ। ਜਾਣਕਾਰੀ ਮੁਤਾਬਿਕ ਪਿੰਡ ਦਾਦੂ ਵਿੱਚ ਬੀਤੇ ਦਿਨ ਬਲਜੀਤ ਸਿੰਘ ਦਾਦੂਵਾਲ ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਮਿਲਣ ਆਉਣਾ ਸੀ, ਜਿਸਦਾ ਕਿਸਾਨਾਂ ਵੱਲੋਂ ਇਕੱਠੇ ਹੋ ਕੇ ਵਿਰੋਧ ਕੀਤਾ ਅਤੇ ਨਾਅਰੇਬਾਜ਼ੀ ਵੀ ਕੀਤੀ ਗਈ, ਤੇ ਮਾਹੌਲ ਸੰਵੇਦਨਸ਼ੀਲ ਬਣ ਗਿਆ ਸੀ।