ਨਵੀਂ ਦਿੱਲੀ, 13 ਅਗਸਤ – ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਇੱਕ ਟਵੀਟ ਵਿੱਚ ਪ੍ਰਗਟ ਕੀਤੇ ਗਏ ਖਦਸ਼ਿਆਂ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਰਾਜਪਾਲ ਨੂੰ ਚੰਡੀਗੜ੍ਹ ਪ੍ਰਸ਼ਾਸਕ ਦੇ ਅਹੁਦੇ ਤੋਂ ਹਟਾ ਕੇ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਲਈ ਇੱਕ ਪੂਰਨ ਪ੍ਰਸ਼ਾਸਕ ਨਿਯੁਕਤ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ।
ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਅੱਗੇ ਕਿਹਾ,’ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਕੇਂਦਰ ਨੇ ਪੰਜਾਬ ਦੇ ਰਾਜਪਾਲ ਨੂੰ ਚੰਡੀਗੜ੍ਹ ਪ੍ਰਸ਼ਾਸਕ ਦੀ ਇਸ ਜ਼ਿੰਮੇਵਾਰੀ ਤੋਂ ਹਟਾਉਣ ਦਾ ਕੋਈ ਫ਼ੈਸਲਾ ਨਹੀਂ ਕੀਤਾ ਹੈ ਅਤੇ ਨਾ ਹੀ ਅਜਿਹਾ ਕੋਈ ਮਤਾ ਵਿਚਾਰ ਅਧੀਨ ਹੈ।’ ਇਸ ਨਾਲ ਹੀ ਉਨ੍ਹਾਂ ਇਹ ਵੀ ਸਾਫ ਸ਼ਬਦਾਂ ਵਿੱਚ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਇਸ ਮੁੱਦੇ ਨੂੰ ਗ੍ਰਹਿ ਮੰਤਰੀ ਅੱਗੇ ਨਹੀਂ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਵਰਤਮਾਨ ਵਿੱਚ ਪੰਜਾਬ ਦੇ ਰਾਜਪਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਕੰਮ ਵੀ ਸੰਭਾਲਦੇ ਹਨ।
ਦਸਣਾ ਬਣਦਾ ਹੈ ਕਿ ਇੱਕ ਦਿਨ ਪਹਿਲਾਂ ਖ਼ਬਰ ਆਈ ਸੀ ਕਿ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੰਡੀਗੜ੍ਹ ਲਈ ਪੂਰਨ ਪ੍ਰਸ਼ਾਸਕ ਨਿਯੁਕਤ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ਹੈ। ਸੁਖਬੀਰ ਬਾਦਲ ਨੇ ਬੁੱਧਵਾਰ ਸ਼ਾਮ ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਇਸ ਨੂੰ ਰਾਜਧਾਨੀ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਇੱਕ ਹੋਰ ਕੋਸ਼ਿਸ਼ ਕਰਾਰ ਦਿੱਤਾ।
ਸੁਖਬੀਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਸੀ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਲਈ ਸੂਬੇ ਦੇ ਬਾਹਰੋਂ ਇੱਕ ਪੂਰਨ ਪ੍ਰਸ਼ਾਸਕ ਨਿਯੁਕਤ ਕਰਨ ਦਾ ਕੋਈ ਕਾਰਨ ਨਹੀਂ ਹੈ। ਉਨ੍ਹਾਂ ਅਮਿਤ ਸ਼ਾਹ ਨੂੰ ਇਹ ਵੀ ਕਿਹਾ ਸੀ ਕਿ ਪੰਜਾਬ ਦੇ ਪੁਨਰਗਠਨ ਸਮੇਂ ਲਏ ਗਏ ਸਾਰੇ ਫੈਸਲਿਆਂ ਦਾ ਇੱਕ-ਇੱਕ ਕਰਕੇ ਉਲੰਘਣ ਕੀਤਾ ਜਾ ਰਿਹਾ ਹੈ।