ਅੰਮ੍ਰਿਤਸਰ, 21 ਜੂਨ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਗਾਨਿਸਤਾਨ ਦੇ ਸਿੱਖਾਂ ਲਈ ਮਦਦ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਮੌਜੂਦਾ ਹਾਲਾਤ ਦੇ ਚੱਲਦਿਆਂ ਜਿਹੜੇ ਸਿੱਖ ਅਫ਼ਗ਼ਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਦੀਆਂ ਹਵਾਈ ਟਿਕਟਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਇਸ ਸੰਬੰਧ ‘ਚ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ‘ਚ ਰਹਿ ਰਹੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦੀ ਤੁਰੰਤ ਮਨਜ਼ੂਰੀ ਦੇਵੇ, ਤਾਂ ਕਿ ਉਹ ਡਰ ਭਰੇ ਮਾਹੌਲ ‘ਚੋਂ ਨਿਕਲ ਸਕਣ।
ਉਨ੍ਹਾਂ ਕਿਹਾ ਕਿ ਅਫ਼ਗ਼ਾਨਿਸਤਾਨ ‘ਚ ਰਹਿੰਦੇ ਸਿੱਖਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਿਨ੍ਹਾਂ ਕੋਲ ਆਵਾਜਾਈ ਦੇ ਖ਼ਰਚਿਆਂ ਦਾ ਪ੍ਰਬੰਧ ਨਹੀਂ ਹੈ, ਉਨ੍ਹਾਂ ਲਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਬੀਤੇ ਕੱਲ੍ਹ ਹੀ ਦਿੱਲੀ ਵਿਖੇ ਅਫਗਾਨੀ ਸਿੱਖਾਂ ਨਾਲ ਉਨ੍ਹਾਂ ਦੀ ਗੱਲ ਹੋਈ ਹੈ, ਜਿਨ੍ਹਾਂ ਨੇ ਅਫ਼ਗ਼ਾਨਿਸਤਾਨ ‘ਚ ਰਹਿ ਰਹੇ ਸਿੱਖਾਂ ਦੀਆਂ ਤਕਲੀਫ਼ਾਂ ਬਾਰੇ ਜਾਣੂ ਕਰਵਾਇਆ ਹੈ। ਅਫਗਾਨੀ ਸਿੱਖਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਦੇ ਚੱਲਦਿਆਂ ਭਾਰਤ ਰਹਿੰਦੇ ਅਫਗਾਨੀ ਸਿੱਖਾਂ ਸਮੇਤ ਪੂਰੀ ਸਿੱਖ ਕੌਮ ਚਿੰਤਤ ਹੈ।