ਕਿਹਾ, ਮੁਹਿੰਮ ਤਹਿਤ ਅਧਿਆਪਕਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ
ਬਠਿੰਡਾ, 22 ਜੂਨ – ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਨਵ ਚੇਤਨਾ ਮਡਿਊਲ ਦੇ ਅਧੀਨ ਸਰਕਾਰ ਵਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਨਵ ਚੇਤਨਾ ਮਡਿਊਲ ਦੇ ਅਧੀਨ ਸਿੱਖਿਆ ਵਿਭਾਗ ਦਾ ਵਡਮੁੱਲਾ ਯੋਗਦਾਨ ਹੈ ਇਸ ਤਹਿਤ ਜ਼ਿਲ੍ਹੇ ਵਿੱਚੋਂ 5 ਅਧਿਆਪਕਾਂ ਨੂੰ ਸਰਕਾਰ ਵਲੋਂ ਮੁਫ਼ਤ ਸਿਖਲਾਈ ਦਿੱਤੀ ਜਾਣੀ ਹੈ। ਸਿਖਲਾਈ ਲੈਣ ਵਾਲੇ 5 ਅਧਿਆਪਕਾਂ ਦੀ ਲਿਸਟ ਜਲਦ ਤੋਂ ਜਲਦ ਮੁਹੱਈਆ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਨਵ ਚੇਤਨਾ ਮਡਿਊਲ ਅਧੀਨ ਸਿਖਲਾਈ ਪ੍ਰਾਪਤ ਕਰਨ ਉਪਰੰਤ ਅਧਿਆਪਕਾਂ ਵਲੋਂ ਅੱਗੇ 100 ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੇਵਾ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਹਾਜ਼ਰ ਸਨ।