ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ: ਵਿਧਾਇਕ ਰਣਬੀਰ ਭੁੱਲਰ
ਫਿਰੋਜ਼ਪੁਰ 1 ਅਕਤੂਬਰ (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ ) – ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਭੁੱਲਰ ਨੇ ਅੱਜ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।
ਵਿਧਾਇਕ ਰਣਬੀਰ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੂਰੇ ਸੂਬੇ ਅੰਦਰ ਝੋਨੇ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਮੰਡੀਆਂ ਵਿਚ ਕਿਸਾਨਾਂ ਆੜ੍ਹਤੀਆਂ, ਲੇਬਰ, ਟਰਾਂਸਪੋਰਟਰਾਂ ਆਦਿ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖ਼ਰੀਦੀ ਗਈ ਕਣਕ ਦੀ ਢੋਆ ਢੁਆਈ ਲਈ ਟਰਾਂਸਪੋਰਟੇਸ਼ਨ ਅਤੇ ਲੇਬਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜ਼ਿਲ੍ਹੇ ਦੀ ਕਿਸੇ ਵੀ ਅਨਾਜ ਮੰਡੀ ਵਿੱਚ ਬਾਰਦਾਨੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਉਸ ਦੀ ਖ਼ਰੀਦ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਕਿਉਂਕਿ ਵਾਤਾਵਰਨ ਦੀ ਸਾਂਭ ਸੰਭਾਲ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ। ਉਨ੍ਹਾਂ ਟਰੱਕ ਅਪਰੇਟਰਾਂ ਨੂੰ ਕਿਹਾ ਕਿ ਖ਼ਰੀਦੇ ਹੋਏ ਝੋਨੇ ਦੀ ਲਿਫ਼ਟਿੰਗ ਨਾਲੋ-ਨਾਲ ਕੀਤੀ ਜਾਵੇ।