· ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਬਾਲੜੀ ਦਿਵਸ
· 21 ਕਿਸ਼ੋਰ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ

ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਆਈ.ਏ.ਐਸ ਨੇ ਕਿਹਾ ਕਿ ਅੱਜ ਅਸੀਂ ਲੜਕੀਆਂ ਦੀ ਸ਼ਕਤੀ ਅਤੇ ਸਮਰੱਥਾ ਨੂੰ ਪ੍ਰਫੁੱਲਤ ਕਰਨ ਲਈ ਇੱਕ ਛੋਟਾ ਜਿਹਾ ਸਮਾਗਮ ਕਰਵਾਇਆ ਹੈ ਅਤੇ ਉਨ੍ਹਾਂ ਵਿਚਕਾਰ ਵੱਖ-ਵੱਖ ਮੁਕਾਬਲੇ ਕਰਵਾ ਕੇ ਉਨ੍ਹਾਂ ਨੂੰ ਪ੍ਰਗਟਾਵੇ ਦਾ ਮਾਧਿਅਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਲਈ ਬਰਾਬਰੀ ਦੇ ਮੌਕੇ ਅਤੇ ਸੁਰੱਖਿਆ ਲਈ ਅਨੁਕੂਲ ਮਾਹੌਲ ਸਿਰਜਣ ਦੀ ਲੋੜ ਹੈ। ਭਾਵੇਂ ਪਿਛਲੇ ਸਮੇਂ ਵਿੱਚ ਹਾਲਾਤ ਸੁਧਰੇ ਹਨ ਪਰ ਫਿਰ ਵੀ ਸਾਨੂੰ ਲੜਕੀਆਂ ਨੂੰ ਅੱਗੇ ਲਿਆਉਣ ਅਤੇ ਉਨ੍ਹਾਂ ਲਈ ਬਰਾਬਰੀ ਦੇ ਮੌਕੇ ਪੈਦਾ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਵਰਗੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੀ ਲੜਕੀਆਂ/ਔਰਤਾਂ ਲਈ ਬਹੁਤ ਕੁਝ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਔਰਤਾਂ ਨਾਲ
ਸਬੰਧਤ ਮੁੱਦਿਆਂ ਸਿਹਤ, ਪੋਸ਼ਣ, ਸਿੱਖਿਆ, ਸਵੱਛਤਾ, ਰੁਜ਼ਗਾਰ ਦੇ ਮੌਕਿਆਂ ਨੂੰ ਹਮੇਸ਼ਾ ਸਾਹਮਣੇ ਰੱਖਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਜ਼ਿਲ੍ਹੇ ਦੀਆਂ ਔਰਤਾਂ ਦੀਆਂ ਸਕਾਰਾਤਮਕ ਪ੍ਰਾਪਤੀਆਂ ਨੂੰ ਪੇਸ਼ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਬਾਲੜੀ ਦਿਵਸ ਨੂੰ ਸਮਰਪਿਤ ਸਲੋਗਨ ਰਾਈਟਿੰਗ, ਪੋਸਟਰ ਮੇਕਿੰਗ, ਭਾਸ਼ਣ ਮੁਕਾਬਲੇ, ਰੰਗੋਲੀ ਅਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ 300 ਤੋਂ ਵੱਧ ਲੜਕੀਆਂ ਨੇ ਭਾਗ ਲਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਭਗ 24 ਲੜਕੀਆਂ ਲਈ ਸੁਕੰਨਿਆ ਸਮਰਿਧੀ ਯੋਜਨਾ ਤਹਿਤ ਖਾਤਾ ਖੋਲ੍ਹਿਆ ਗਿਆ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਹਰ ਸਾਲ ਉਨ੍ਹਾਂ ਦੀਆਂ ਧੀਆਂ ਦੇ ਖਾਤਿਆਂ ਵਿੱਚ ਕਿਸ਼ਤ ਦਾ ਹਿੱਸਾ ਜਮ੍ਹਾ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਨ੍ਹਾਂ ਲੜਕੀਆਂ ਨੂੰ ਸਵੈ-ਨਿਰਭਰ ਬਣਾਉਣ ਦੇ ਉਪਰਾਲੇ ਵਜੋਂ 21 ਕਿਸ਼ੋਰ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ ਅਤੇ 8 ਲੜਕੀਆਂ/ਔਰਤਾਂ ਜਿਨ੍ਹਾਂ ਨੂੰ ਸੁਣਨ ਸ਼ਕਤੀ ਦੀ ਲੋੜ ਸੀ, ਨੂੰ ਸੁਣਨ ਵਾਲੀਆਂ ਮਸ਼ੀਨਾਂ ਦਿੱਤੀਆਂ ਗਈਆਂ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਸੰਧੂ, ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ) ਸ੍ਰੀ ਚਮਕੌਰ ਸਿੰਘ ਡੀ.ਐਸ.ਪੀ. ਸ੍ਰੀ ਅਸ਼ਵਨੀ ਕੁਮਾਰ, ਸਕੱਤਰ ਰੈੱਡ ਕਰਾਸ ਸੁਸਾਇਟੀ ਅਸ਼ੋਕ ਬਹਿਲ, ਡਾਕਖਾਨਾ ਫਿਰੋਜ਼ਪੁਰ ਦੇ ਅਧਿਕਾਰੀ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਅਤੇ ਬਾਲ ਵਿਕਾਸ ਪ੍ਰੋਜੈਕਟ ਦਫ਼ਤਰ ਫਿਰੋਜ਼ਪੁਰ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।