-ਭਾਜਪਾ ਦੀ ਮਜ਼ਬੂਤੀ ਲਈ ਦਿਨ-ਰਾਤ ਕਰਾਂਗੇ ਇੱਕ: ਉਮੇਸ਼ ਸ਼ਰਮਾ
ਬਠਿੰਡਾ, 31 ਜਨਵਰੀ (ਵੀਰਪਾਲ ਕੌਰ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਐਲਾਨੀ ਕਾਰਜਕਾਰਨੀ ਕਮੇਟੀ ਵਿੱਚ ਸੀਨੀਅਰ ਭਾਜਪਾ ਆਗੂ ਉਮੇਸ਼ ਸ਼ਰਮਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ‘ਤੇ ਜ਼ਿਲ੍ਹਾ ਭਾਜਪਾ ਵਰਕਰਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵੱਖ-ਵੱਖ ਥਾਵਾਂ ‘ਤੇ ਭਾਜਪਾ ਵਰਕਰਾਂ ਵੱਲੋਂ ਨਵ-ਨਿਯੁਕਤ ਜਨਰਲ ਸਕੱਤਰ ਦਾ ਸਨਮਾਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੱਛਮੀ ਡਵੀਜ਼ਨ ਸਮੇਤ ਵੱਖ-ਵੱਖ ਥਾਵਾਂ ‘ਤੇ ਭਾਜਪਾ ਵਰਕਰਾਂ ਵੱਲੋਂ ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਉਮੇਸ਼ ਸ਼ਰਮਾ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਭਾਜਪਾ ਦੇ ਸੀਨੀਅਰ ਮਹਿਲਾ ਆਗੂ ਕੰਚਨ ਜਿੰਦਲ, ਸੀਨੀਅਰ ਆਗੂ ਰਾਜੇਸ਼ ਨੋਨੀ, ਮਨੋਜ ਜੈਨ, ਜਤਿੰਦਰ ਅਰੋੜਾ, ਸਤੀਸ਼ ਗੋਇਲ, ਰਾਜਕੁਮਾਰ, ਸੁਰਿੰਦਰ ਸ਼ਰਮਾ, ਰਾਕੇਸ਼ ਬਾਂਸਲ, ਰਾਜੀਵ ਸ਼ਰਮਾ, ਅਨਿਲ ਗਰਗ, ਪਵਨ ਯਾਦਵ, ਰਾਜੇਸ਼ ਬਾਂਸਲ ਅਤੇ ਹੋਰ ਭਾਜਪਾ ਵਰਕਰ ਹਾਜ਼ਰ ਸਨ। ਇਸ ਦੌਰਾਨ ਰਾਜੇਸ਼ ਨੋਨੀ ਤੇ ਹੋਰਨਾਂ ਨੇ ਦੱਸਿਆ ਕਿ ਉਮੇਸ਼ ਸ਼ਰਮਾ ਨੂੰ ਭਾਜਪਾ ਹਾਈਕਮਾਂਡ ਵੱਲੋਂ ਚੌਥੀ ਵਾਰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਉਮੇਸ਼ ਸ਼ਰਮਾ ਨੇ ਭਾਜਪਾ ਦੇ ਜਨਰਲ ਸਕੱਤਰ ਦੇ ਅਹੁਦੇ ਤੇ ਰਹਿੰਦੇ ਹੋਏ ਬਠਿੰਡਾ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦੌਰਾਨ ਉਮੇਸ਼ ਸ਼ਰਮਾ ਨੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਭਾਜਪਾ ਹਾਈਕਮਾਂਡ ਤੋਂ ਇਲਾਵਾ ਜ਼ਿਲ੍ਹਾ ਭਾਜਪਾ ਟੀਮ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟਾਇਆ ਹੈ ਅਤੇ ਉਨ੍ਹਾਂ ਨੂੰ ਇੱਕ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਹਾਈਕਮਾਂਡ ਦੇ ਵਿਸ਼ਵਾਸ ‘ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਖ਼ਤ ਮਿਹਨਤ ਤੇ ਇਮਾਨਦਾਰੀ ਨਾਲ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਤੋਂ ਇਲਾਵਾ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਭਾਜਪਾ ਟੀਮ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।