22 ਫ਼ਰਵਰੀ : ਮਾਂ ਬੋਲੀ ਕਿਸੇ ਵੀ ਵਿਅਕਤੀ ਦੀ ਆਪਣੀ ਪਹਿਚਾਣ ਹੁੰਦੀ ਹੈ, ਆਪਣੀ ਮਾਂ ਬੋਲੀ ਦਾ ਸਾਨੂੰ ਸਾਰਿਆਂ ਨੂੰ ਪੂਰਾ ਮਾਣ ਸਤਿਕਾਰ ਤੇ ਪਿਆਰ ਕਰਨਾ ਚਾਹੀਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਚ ਕਰਵਾਏ ਗਏ “ਕੌਮਾਂਤਰੀ ਮਾਂ ਬੋਲੀ” ਦਿਵਸ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਪਿਛਲੇ 21 ਦਿਨਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਹਿੱਤ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰੱਖੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਾਂ ਬੋਲੀ ਦੀ ਪ੍ਰਫੁੱਲਿਤਾ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਅਧੀਨ ਪੈਂਦੇ ਸਾਰੇ ਸਰਕਾਰੀ, ਗੈਰ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਆਦਿ ਵਲੋਂ ਤਕਰੀਬਨ ਆਪਣੀਆਂ ਨਾਮ ਪੱਟੀਆਂ ਤੇ ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ ਵਿੱਚ ਕਰਵਾਏ ਜਾ ਚੁੱਕੇ ਹਨ। ਜੇਕਰ ਕੋਈ ਵੀ ਬੋਰਡ ਅਜੇ ਤੱਕ ਕਿਸੇ ਕਾਰਨ ਪੰਜਾਬੀ ਭਾਸ਼ਾ ਵਿੱਚ ਨਹੀਂ ਲਿਖਿਆ ਗਿਆ ਉਸ ਨੂੰ ਵੀ ਜਲਦ ਲਿਖਵਾ ਲਿਆ ਜਾਵੇ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਇਸ ਦੇ ਪ੍ਰਚਾਰ ਤੇ ਪਸਾਰ ਲਈ ਪੂਰੀ ਤਰ੍ਹਾਂ ਯਤਨਸ਼ੀਲ ਤੇ ਵਚਨਵੱਧ ਹੈ। ਉਨ੍ਹਾਂ ਕਿਹਾ ਕਿ ਮਾਂ-ਬੋਲੀ ਨੂੰ ਪੰਜਾਬ ਦੀ ਜਵਾਨੀ ਨਾਲ ਜੋੜਨ ਲਈ ਅਜਿਹੇ ਸੈਮੀਨਾਰ ਕਰਵਾਉਣਾ ਸਮੇਂ ਦੀ ਲੋੜ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਕਿਹਾ ਕਿ ਭਾਸ਼ਾ ਵਿਭਾਗ ਵਲੋਂ ਪੰਜਾਬੀ ਜ਼ੁਬਾਨ ਨੂੰ ਬਣਦਾ ਰੁਤਬਾ ਦਿਵਾਉਣ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕਰ ਰਹੇ ਹਾਂ ਤੇ ਭਵਿੱਖ ਵਿੱਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਘਰ ਵਿੱਚ ਮਾਂ ਦੀ ਕਦਰ ਕਰਦੇ ਹਾਂ, ਉਸੇ ਤਰ੍ਹਾਂ ਸਾਨੂੰ ਮਾਂ-ਬੋਲੀ ਦੀ ਵੀ ਕਦਰ ਕਰਨੀ ਚਾਹੀਦੀ ਹੈ। ਇਸ ਦੌਰਾਨ ਕੀਰਤੀ ਕਿਰਪਾਲ ਨੇ ਦੱਸਿਅ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਇਸ 21 ਰੋਜ਼ਾ ਵੱਖ-ਵੱਖ ਸਮਾਗਮਾਂ ਦੌਰਾਨ ਆਟੋ ਰੈਲੀ, ਬਾਈਕ ਰੈਲੀ, ਸਕੂਲ ਬੱਸ ਰੈਲੀ ਅਤੇ ਵੱਖ-ਵੱਖ ਵਿਦਿਅਕ ਸੰਸਥਾਵਾਂ ਵਲੋਂ ਪੈਦਲ ਰੈਲੀਆਂ ਵੀ ਕੀਤੀਆਂ ਗਈਆਂ, ਜਿਸ ਵਿੱਚ ਕਰੀਬ 1.50 ਲੱਖ ਵਿਦਿਆਰਥੀਆਂ ਸਮੇਤ ਆਮ ਲੋਕਾਂ ਨੇ ਭਾਗ ਲਿਆ।
ਇਸ ਤੋਂ ਪਹਿਲਾਂ “ਪੰਜਾਬੀ ਮਾਂ ਬੋਲੀ” ਦੀ ਮਹੱਤਤਾ ਨੂੰ ਪ੍ਰਗਟਾਉਂਦਾ ਹੋਇਆ ਡਾ. ਕੁਲਦੀਪ ਦੀਪ ਦਾ ਲਿਖਿਆ ਹੋਇਆ ਨਾਟਕ “ਹਾਲੇ ਵੀ ਵਕਤ ਹੈ” ਨਾਟਿਯਮ ਥੀਏਟਰ ਗਰੁੱਪ ਦੀ ਟੀਮ ਵਲੋਂ ਪੇਸ਼ ਕੀਤਾ ਗਿਆ ਜੋ ਕਿ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਮਾਂ ਬੋਲੀ ਨਾਲ ਸਬੰਧਤ ਪ੍ਰਸ਼ਨੋਤਰੀ ਮੁਕਾਬਲੇ ਤੋਂ ਇਲਾਵਾ ਕਵੀਸ਼ਰੀ ਤੇ ਮਲਵਈ ਗਿੱਧਾ ਵੀ ਪੇਸ਼ ਕੀਤਾ ਗਿਆ। ਇਸ ਦੌਰਾਨ ਆੜੀ-ਆੜੀ ਗਰੁੱਪ ਤੇ ਭਾਸ਼ਾ ਵਿਭਾਗ ਅਤੇ ਸੰਧੂ ਬ੍ਰਦਰਜ਼ ਵਲੋਂ ਕਿਤਾਬਾਂ ਦੀ ਪ੍ਰਦਰਸ਼ਨੀ ਤੋਂ ਇਲਾਵਾ ਪੰਜਾਬੀ ਮਾਂ ਬੋਲੀ ਨਾਲ ਸਬੰਧਤ ਪੁਰਾਣੇ ਤਵਿਆ, ਗੁਰਮੁਖੀ ਲਿਪੀ ਦਾ ਨਿਕਾਸ ਦੀ ਮਹੱਤਤਾ ਨੂੰ ਪ੍ਰਗਟਾਉਂਦੀਆਂ ਹੋਈਆਂ ਵੱਖ-ਵੱਖ ਸਟਾਲਾਂ ਵੀ ਲਗਾਈਆਂ ਗਈਆਂ। ਇਸ ਮੌਕੇ ਪੰਜਾਬੀ ਮਾਂ ਬੋਲੀ ਦੇ ਹੱਕ ਵਿੱਚ ਪ੍ਰਚਾਰ ਤੇ ਪਸਾਰ ਕਰਨ ਵਾਲੀਆਂ ਵੱਖ-ਵੱਖ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮ੍ਰਿੰਤਲਾਲ ਅਗਰਵਾਲ, ਆਪ ਵੀਸੀ ਵਿੰਗ ਦੇ ਪ੍ਰਧਾਨ ਮਨਦੀਪ ਕੌਰ ਰਾਮਗੜ੍ਹੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼ਿਵਪਾਲ ਗੋਇਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ, ਖੋਜ਼ ਅਫ਼ਸਰ ਨਵਪ੍ਰੀਤ ਸਿੰਘ, ਬਲਕਰਨ ਬਲ, ਮੈਡਮ ਪਰਮਿੰਦਰ ਕੌਰ ਤੋਂ ਇਲਾਵਾ ਹੋਰ ਸਾਹਿਤਕ ਸ਼ਖ਼ਸੀਅਤਾਂ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।