28, ਫ਼ਰਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਨੈਸ਼ਨਲ ਕਮਿਸ਼ਨਰ ਫ਼ਾਰ ਪ੍ਰੋਟਕਸ਼ਨ ਆਫ਼ ਚਾਇਲਡ ਰਾਈਟਸ (ਐਨਸੀਪੀਸੀਆਰ) ਦੀ ਹਦਾਇਤਾਂ ਅਤੇ ਜੁਆਇੰਟ ਐਕਸ਼ਨ ਪਲਾਨ ਤਹਿਤ “ਇੱਕ ਯੁੱਧ ਨਸ਼ੇ ਦੇ ਵਿਰੁੱਧ” ਦੇ ਸਬੰਧ ਚ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੱਚਿਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਸੁਚੇਤ ਕਰਨ ਤੇ ਇਸ ਸੰਬੰਧੀ ਜ਼ਿਲ੍ਹੇ ਅੰਦਰ ਜਾਗਰੂਕਤਾ ਮੁਹਿੰਮ ਚਲਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਰਾਬ ਦਾ ਠੇਕਾ ਜਾਂ ਤੰਬਾਕੂ ਆਦਿ ਦੀ ਦੁਕਾਨਾਂ ਸਕੂਲ ਦੇ 100 ਮੀਟਰ ਦੇ ਘੇਰੇ ਅੰਦਰ ਨਾ ਹੋਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਬੱਚੇ ਨੂੰ ਡਰੱਗਜ਼ ਵੇਚਦਾ ਹੈ ਜਾਂ ਇਸ ਕੰਮ ਵਿੱਚ ਉਸ ਨੂੰ ਸ਼ਾਮਿਲ ਕਰਦਾ ਹੈ ਤਾਂ ਉਸ ਉੱਪਰ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟਕਸ਼ਨ ਆਫ਼ ਚਿਲਡਰਨ) ਸੋਧ ਐਕਟ 2021 ਅਨੁਸਾਰ ਸੈਕਸ਼ਨ 77 ਅਤੇ 78 ਅਧੀਨ ਬਣਦੀ ਕਾਰਵਾਈ ਆਰੰਭੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਾਬ ਦੇ ਠੇਕਿਆਂ, ਮੈਡੀਕਲ ਸਟੋਰਾਂ ਤੇ ਤੰਬਾਕੂ ਆਦਿ ਦੀਆਂ ਦੁਕਾਨਾਂ ਤੇ ਸੀਸੀਟੀਵੀ ਕੈਮਰੇ ਲੱਗੇ ਹੋਣੇ ਵੀ ਯਕੀਨੀ ਬਣਾਏ ਜਾਣ।
ਇਸ ਮੌਕੇ ਸ਼ੌਕਤ ਅਹਿਮਦ ਪਰੇ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਚ ਬੱਚਿਆਂ ਨੂੰ ਵੱਧ ਤੋਂ ਵੱਧ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ “ਪਰਹਾਰੀ ਕਲੱਬ” ਬਣਾਉ ਜਿਨ੍ਹਾਂ ਚ ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਸ਼ਾਮਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਵੀ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ, ਅਧਿਕਾਰੀ ਰਾਜਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ, ਡਰੱਗ ਇੰਸਪੈਕਟਰ, ਕਰ ਤੇ ਆਬਕਾਰੀ ਵਿਭਾਗ ਅਤੇ ਪੁਲਿਸ ਵਿਭਾਗ ਦੇ ਨੁਮਾਇੰਦੇ ਆਦਿ ਹਾਜ਼ਰ ਸਨ।