ਬਾਜਾਖਾਨਾ, 18 ਮਾਰਚ (ਜਗਦੀਪ ਸਿੰਘ ਗਿੱਲ): ਸਿਵਲ ਸਰਜਨ ਫ਼ਰੀਦਕੋਟ ਡਾ: ਨਰੇਸ਼ ਕੁਮਾਰ ਬਠਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਸਿਵਲ ਸਰਜਨ ਡਾ: ਮਨਦੀਪ ਕੌਰ ਅਤੇ ਅੱਖਾਂ ਦੇ ਰੋਗਾਂ ਤੇ ਅਪ੍ਰੇਸ਼ਨਾਂ ਦੇ ਮਾਹਰ ਡਾ: ਪਰਮਿੰਦਰ ਕੌਰ ਦੀ ਅਗਵਾਈ ਵਿੱਚ ਸੀਐਚਸੀ ਬਾਜਾਖਾਨਾ ਵਿੱਖੇ ਆਮ ਲੋਕਾਂ ਵਿੱਚ ਵੱਧ ਰਹੀ ਕਾਲਾ ਮੋਤੀਆ ਬਿਮਾਰੀ ਤੋਂ ਬਚਾਓ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ਵ ਗਲੋਕੋਮਾ ਹਫ਼ਤਾ ਮਨਾਇਆ ਗਿਆ। ਹਸਪਤਾਲ ਵਿੱਚ ਇਲਾਜ ਕਰਵਾਉਣ ਆਏ ਮਰੀਜਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਰਾਹੁਲ ਪਥਰੀਆ ਅਪਥਾਲਮਿਕ ਅਫ਼ਸਰ ਨੇ ਕਿਹਾ ਕਿ ਗਲੋਕੋਮਾ ਦੇ ਲੱਛਣ ਅਸਧਾਰਨ ਸਿਰ ਦਰਦ, ਅੱਖਾਂ ਵਿੱਚ ਦਰਦ , ਪੜ੍ਹਨ ਵਾਲੀ ਐਨਕਾਂ ਦਾ ਵਾਰ ਵਾਰ ਬਦਲਣਾ, ਰੌਸ਼ਨੀ ਵੱਲ ਵੇਖਣ ਦੌਰਾਨ ਪਰਕਾਸ਼ ਦੇ ਆਲੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ, ਦ੍ਰਿਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਆਦਿ ਹਨ। ਸ਼ੂਗਰ ਅਤੇ ਹਾਈ ਬਲੱਡ ਪਰੈਸ਼ਰ ਬਿਮਾਰੀ ਨਾਲ ਪੀੜਤ ਮਰੀਜ਼ , ਅਲਰਜੀ, ਦਮਾਂ, ਚਮੜੀ ਰੋਗਾਂ ਦੇ ਪੀੜਤ ਜੋਂ ਸਟੀਰਾਈਡ ਦੀ ਵਰਤੋਂ ਕਰਦੇ ਹਨ, ਕਾਲਾ ਮੋਤੀਆ ਬਿਮਾਰੀ ਦੇ ਜਲਦੀ ਸ਼ਿਕਾਰ ਹੋ ਸਕਦੇ ਹਨ। ਇਸ ਦੌਰਾਨ ਬੀਈਈ ਸੁਧੀਰ ਧੀਰ ਅਤੇ ਫਲੈਗ ਚਾਵਲਾ ਨੇ ਵੀ ਜਾਣਕਾਰੀ ਦਿੱਤੀ।